ਡਿਪਟੀ ਕਮਿਸ਼ਨਰ ਵਲੋਂ ਪ੍ਰਧਾਨ ਮੰਤਰੀ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜਿਜ਼ ਸਕੀਮ ਦੀ ਸਮੀਖਿਆ
– ਫੂਡ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਨ ਲਈ ਸਕੀਮ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਭ – ਸੁਰਭੀ ਮਲਿਕ
ਲੁਧਿਆਣਾ, 20 ਜੁਲਾਈ (ਰਾਜੀਵ ਕੁਮਾਰ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜਿਜ਼ (ਐਫ.ਐਮ.ਈ.) ਸਕੀਮ ਨੂੰ ਲਾਗੂ ਕਰਨ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਕਿਹਾ ਕਿ ਇਸ ਸਕੀਮ ਤਹਿਤ ਇੱਕ ਕਰੋੜ ਰੁਪਏ ਤੱਕ ਦਾ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਿਤ ਕੀਤਾ ਜਾ ਸਕਦਾ ਹੈ ਜਿਸ ਵਿੱਚ 10 ਵਿਅਕਤੀ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਮਾਈਕ੍ਰੋ ਫੂਡ ਪ੍ਰੋਸੈਸਿੰਗ ਯੂਨਿਟਾਂ ਨੂੰ 10 ਲੱਖ ਰੁਪਏ ਪ੍ਰਤੀ ਯੂਨਿਟ ਦੀ ਅਧਿਕਤਮ ਸੀਮਾ ਦੇ ਨਾਲ ਯੋਗ ਪ੍ਰੋਜੈਕਟ ਲਾਗਤ ਦੀ 35 ਫੀਸਦ ਕ੍ਰੈਡਿਟ-ਲਿੰਕਡ ਪੂੰਜੀ ਵੀ ਸਬਸਿਡੀ ਵਜੋਂ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਭਪਾਤਰੀ ਦਾ ਪ੍ਰੋਜੈਕਟ ਲਾਗਤ ਦਾ ਘੱਟੋ-ਘੱਟ 10 ਫੀਸਦ ਯੋਗਦਾਨ ਹੋਣਾ ਚਾਹੀਦਾ ਹੈ ਅਤੇ ਬਕਾਇਆ ਰਾਸ਼ੀ ਬੈਂਕ ਤੋਂ ਕਰਜ਼ੇ ਦੇ ਰੂਪ ਵਿੱਚ ਹੋਣੀ ਚਾਹੀਦੀ ਹੈ। ਨਵੀਆਂ ਇਕਾਈਆਂ ਸਥਾਪਿਤ ਕਰਨ ਤੋਂ ਇਲਾਵਾ ਮੌਜੂਦਾ ਇਕਾਈਆਂ ਵੀ ਸਕੀਮ ਦਾ ਲਾਭ ਲੈ ਕੇ ਆਪਣੇ ਕਾਰੋਬਾਰ ਦਾ ਵਿਸਥਾਰ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਯੂਨਿਟਾਂ ਨੇ ਬੈਂਕਾਂ ਤੋਂ ਮਿਆਦੀ ਕਰਜ਼ੇ ਲਏ ਹਨ, ਉਹ ਵੀ ਇਸ ਸਕੀਮ ਤਹਿਤ ਅਪਲਾਈ ਕਰਕੇ ਸਬਸਿਡੀ ਲੈ ਸਕਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਜੋ ਲੋਕ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਬਿਨੈ-ਪੱਤਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਅਤੇ ਹੋਰ ਕੰਮਾਂ ਵਿੱਚ ਸਹਾਇਤਾ ਲੈਣ ਲਈ ਜ਼ਿਲ੍ਹਾ ਉਦਯੋਗ ਕੇਂਦਰ ਨਾਲ ਸੰਪਰਕ ਕਰਨ।
ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ੍ਰੀ ਰਾਕੇਸ਼ ਕੁਮਾਰ ਕਾਂਸਲ ਨੇ ਦੱਸਿਆ ਕਿ ਚਾਹਵਾਨ ਵਿਅਕਤੀਆਂ ਨੂੰ ਫੂਡ ਪ੍ਰੋਸੈਸਿੰਗ ਮੰਤਰਾਲੇ ਦੇ ਪੋਰਟਲ www.pmfme.mofpi.gov.in ਰਾਹੀਂ ਕਰਜ਼ੇ ਲਈ ਅਪਲਾਈ ਕਰਨਾ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਰੋਹਿਤ ਗਰਗ (98143-25726), ਮੋਹਿਤ ਗਰਗ (97800-59366), ਜਪਿੰਦਰ ਵਧਾਵਨ (94788-10324), ਨੇਹਾ ਚਾਵਲਾ (83750-17992), ਦੀਪਿੰਦਰ ਸਿੰਘ (76962-11947), ਅਦਿਤਿਆ ਗੁਪਤਾ (98154-40587), ਮਧੁਰ ਗੁਪਤਾ (99155-12967) ਅਤੇ ਜਗਦੀਸ਼ ਸ਼ਰਮਾ (98722-02012) ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਰਿਪੋਰਟ : ਪੱਤਰਕਾਰ ਰਾਜੀਵ ਕੁਮਾਰ