ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ
– ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਐਸ.ਸੀ.ਡੀ. ਸਰਕਾਰੀ ਕਾਲਜ ‘ਚ ਕੌਮੀ ਝੰਡਾ ਲਹਿਰਾਉਣਗੇ
ਲੁਧਿਆਣਾ, 28 ਜੁਲਾਈ ( ਰਾਜੀਵ ਕੁਮਾਰ ) – ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਥਾਨਕ ਐਸ.ਸੀ.ਡੀ. ਸਰਕਾਰੀ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਿੱਥੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਰਾਸ਼ਟਰੀ ਝੰਡਾ ਲਹਿਰਾਉਣਗੇ।
ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਤਿਰੰਗਾ ਲਹਿਰਾਉਣ, ਸੁਰੱਖਿਆ, ਆਵਾਜਾਈ, ਪਾਰਕਿੰਗ ਪ੍ਰਬੰਧਾਂ, ਸੱਭਿਆਚਾਰਕ ਪ੍ਰੋਗਰਾਮਾਂ, ਨਿਰਵਿਘਨ ਬਿਜਲੀ ਸਪਲਾਈ, ਸਹੀ ਸਫ਼ਾਈ ਵਿਵਸਥਾ, ਮੈਡੀਕਲ ਸਹੂਲਤਾਂ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਇਸ ਰਾਸ਼ਟਰੀ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਸੁਚੱਜੇ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਦੀ ਡੁੰਘਾਈ ਨਾਲ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਤੈਅ ਕੀਤੀਆਂ।
ਡਿਪਟੀ ਕਮਿਸ਼ਨਰ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਫੈਸਲਾ ਕਮੇਟੀ ਕਰੇਗੀ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਵੀ ਹਦਾਇਤ ਕੀਤੀ ਕਿ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ, ਸਟੇਡੀਅਮ ਨੂੰ ਜਾਣ ਵਾਲੀਆਂ ਸੜਕਾਂ ‘ਤੇ ਪਾਣੀ ਦਾ ਛਿੜਕਾਅ ਕੀਤਾ ਜਾਵੇ ਅਤੇ ਸਮਾਗਮ ਦੌਰਾਨ ਹਿੱਸਾ ਲੈਣ ਵਾਲਿਆਂ ਲਈ ਮੋਬਾਈਲ ਟਾਇਲਟ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਮਿਸ਼ਨਰੇਟ ਪੁਲਿਸ ਨੂੰ ਸਮਾਗਮ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ, ਆਰ.ਪੀ.ਸਿੰਘ, ਗਲਾਡਾ ਦੇ ਏ.ਸੀ.ਏ.ਅਮਰਜੀਤ ਬੈਂਸ ਅਤੇ ਹੋਰ ਹਾਜ਼ਰ ਸਨ।