Home Crime News ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ – ਲੋੜਵੰਦ ਲੋਕਾਂ ਨੇ ਲਿਆ ਭਰਪੂਰ...

ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ – ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾ

85
0

ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ – ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾ

– ਵੱਖ-ਵੱਖ ਨਿਆਂਇਕ ਅਦਾਲਤਾਂ ‘ਚ 36113 ਕੇਸਾਂ ਦਾ ਨਿਪਟਾਰਾ ਕਰਕੇ 77,61,86,221 ਰੁਪਏ ਦੇ ਅਵਾਰਡ ਕੀਤੇ ਪਾਸ – ਜ਼ਿਲ੍ਹਾ ਤੇ ਸੈਸ਼ਨ ਜੱਜ


ਲੁਧਿਆਣਾ, 09 ਸਤੰਬਰ ( ਰਾਜੀਵ ਕੁਮਾਰ ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ ਹੋਇਆ ਜਿੱਥੇ ਲੋੜਵੰਦ ਲੋਕਾਂ ਨੇ ਭਰਪੂਰ ਲਾਹਾ ਲਿਆ।

ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 48,853 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 36,113 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 77,61,86,221/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ ਡਵੀਜਨ ਲੁਧਿਆਣਾ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਸ੍ਰੀ ਰਮਨ ਸ਼ਰਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਅੱਜ 09 ਸਤੰਬਰ, 2023 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

ਸਕੱਤਰ ਸ੍ਰੀ ਰਮਨ ਸ਼ਰਮਾ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ  ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਆਦਿ ਸ਼ਾਮਲ ਸਨ.

ਉਨ੍ਹਾਂ ਦੱਸਿਆ ਕਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 29 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 8 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ

ਮਾਣਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।     

Previous articleThought of the day .
Next articleYou are the reason for the smile of people around you. You are God’s most precious gift to your parents. happy birthday to the best little princess

LEAVE A REPLY

Please enter your comment!
Please enter your name here